ਸਿਹਤ ਵਿਭਾਗ ਨੇ ਜਾਰੀ ਕੀਤੀ ਹੀਟਵੇਵ ਸੰਬੰਧੀ ਐਡਵਾਇਜ਼ਰੀ.

ਹੀਟਸਟ੍ਰੋਕ ਤੋਂ ਬਚ ਕੇ ਰਹੋ : ਸਿਵਲ ਸਰਜਨ ਡਾ. ਰਮਨਦੀਪ ਕੌਰ 

 

ਬਜ਼ੁਰਗਾਂ, ਬੱਚਿਆਂ ਅਤੇ ਬਾਹਰ ਕੰਮ ਕਰਨ ਵਾਲਿਆਂ ਲਈ ਵਿਸ਼ੇਸ਼ ਸਾਵਧਾਨੀ ਵਰਤਣ ਦੀ ਸਲਾਹ

ਲੁਧਿਆਣਾ : ਜ਼ਿਲ੍ਹੇ ਵਿੱਚ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਹੀਟਵੇਵ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿਸ ਵਿੱਚ ਲੋਕਾਂ ਨੂੰ ਚੌਕਸ ਰਹਿਣ ਅਤੇ ਜ਼ਰੂਰੀ ਰੋਕਥਾਮ ਉਪਾਅ ਕਰਨ ਦੀ ਅਪੀਲ ਕੀਤੀ ਗਈ ਹੈ। ਸਿਹਤ ਵਿਭਾਗ ਦੇ ਅਨੁਸਾਰ, ਜਦੋਂ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਜਾਂਦਾ ਹੈ, ਤਾਂ ਡੀਹਾਈਡਰੇਸ਼ਨ, ਗਰਮੀ ਦੀ ਥਕਾਵਟ ਅਤੇ ਹੀਟਸਟ੍ਰੋਕ ਵਰਗੀਆਂ ਗੰਭੀਰ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਡਾ. ਰਮਨਦੀਪ ਕੌਰ ਨੇ ਕਿਹਾ ਕਿ ਕੁਝ ਵਰਗ ਹੀਟਵੇਵ ਦੌਰਾਨ ਖਾਸ ਤੌਰ 'ਤੇ ਕਮਜ਼ੋਰ ਹੁੰਦੇ ਹਨ। ਇਨ੍ਹਾਂ ਵਿੱਚ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ, ਛੋਟੇ ਬੱਚੇ, ਗਰਭਵਤੀ ਔਰਤਾਂ, ਦਿਲ, ਸ਼ੂਗਰ ਜਾਂ ਸਾਹ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਲੋਕ,  ਕਿਸਾਨ ਅਤੇ ਉਸਾਰੀ ਕਾਮਿਆਂ ਸਮੇਤ ਬਾਹਰ ਕੰਮ ਕਰਨ ਵਾਲੇ ਮਜ਼ਦੂਰ ਸ਼ਾਮਲ ਹਨ।