ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਪੰਜਾਬ ਦੌਰਾ 20 ਤੋ 22 ਤਕ.
ਪੰਜਾਬ ਵਿੱਚ ਅਸੈਂਬਲੀ ਚੋਣਾਂ ਨਜ਼ਦੀਕ ਆਉਣ ਦੇ ਨਾਲ ਹੀ ਸਾਰੀਆਂ ਸਿਆਸੀ ਧਿਰਾਂ ਨੇ ਤਿਆਰੀਆਂ ਵਿੱਢ ਦਿੱਤੀਆਂ ਹਨ।
ਇਸੇ ਦੌਰਾਨ ਭਾਜਪਾ ਨੇ ਪੰਜਾਬ ਵਿੱਚ ਤਿਆਰੀਆਂ ਜ਼ੋਰ-ਸ਼ੋਰ ਨਾਲ ਤੇਜ਼ ਕਰ ਦਿੱਤੀਆਂ ਹਨ।
ਪੰਜਾਬ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੀ ਪੰਜਾਬ ਵਿੱਚ 20 ਤੋਂ 22 ਜੂਨ ਤੱਕ ਤਿੰਨ ਦਿਨਾ ਦੌਰੇ ’ਤੇ ਆ ਰਹੇ ਹਨ। ਨਿਤਿਨ ਨਬੀਨ ਵੱਲੋਂ ਪੰਜਾਬ ਦੌਰੇ ਦੌਰਾਨ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਵਿੱਚ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਜਾਣਗੇ। ਇਸ ਤੋਂ ਇਲਾਵਾ ਪਾਰਟੀ ਆਗੂਆਂ ਅਤੇ ਵੱਖ-ਵੱਖ ਵਰਗ ਦੇ ਲੋਕਾਂ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ 20 ਜੂਨ ਨੂੰ ਅੰਮ੍ਰਿਤਸਰ ਪਹੁੰਚਣਗੇ। ਨਿਤਿਨ ਨਬੀਨ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ। ਇਸ ਤੋਂ ਬਾਅਦ ਇਤਿਹਾਸਕ ਜਲਿਆਂਵਾਲਾ ਬਾਗ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਮੰਦਰ ਵਿਖੇ ਵੀ ਦਰਸ਼ਨ ਕਰਨਗੇ। ਸ਼ਾਮ ਨੂੰ ਉਹ ਜਲੰਧਰ ਰਵਾਨਾ ਹੋਣਗੇ, ਜਿੱਥੇ ਭਾਜਪਾ ਵਰਕਰਾਂ ਅਤੇ ਸਮਰਥਕਾਂ ਨਾਲ ਮੁਲਾਕਾਤ ਕਰਨਗੇ।
21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮੌਕੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਇਕ ਸਮਾਗਮ ਵਿੱਚ ਹਿੱਸਾ ਲੈਣਗੇ। ਇਸ ਤੋਂ ਬਾਅਦ ਉਹ ਲੁਧਿਆਣਾ ਜਾਣਗੇ, ਜਿੱਥੇ ਦੁੱਗਰੀ ਰੋਡ ਸਥਿਤ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਦਾ ਰਸਮੀ ਉਦਘਾਟਨ ਕਰਨਗੇ ਅਤੇ ਮੰਡਲ ਪ੍ਰਭਾਰੀਆਂ ਅਤੇ ਸੀਨੀਅਰ ਸੰਗਠਨਾਤਮਕ ਅਹੁਦੇਦਾਰਾਂ ਨਾਲ ਮੀਟਿੰਗ ਕਰਨਗੇ। ਇਸ ਤੋਂ ਬਾਅਦ ਸ਼ਾਮ ਨੂੰ ਉਦਯੋਗਪਤੀਆਂ ਅਤੇ ਵਪਾਰਕ ਭਾਈਚਾਰੇ ਦੇ ਲੋਕਾਂ ਨਾਲ ਮੁਲਾਕਾਤ ਕਰਨਗੇ।
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ 22 ਜੂਨ ਨੂੰ ਸੰਸਦ ਮੈਂਬਰਾਂ, ਸਾਬਕਾ ਸੰਸਦ ਮੈਂਬਰਾਂ, ਵਿਧਾਇਕਾਂ, ਸਾਬਕਾ ਵਿਧਾਇਕਾਂ ਅਤੇ ਯੁਵਾ ਨੁਮਾਇੰਦਿਆਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਇੱਕ ਯੁਵਾ ਕਾਨਫਰੰਸ ਵੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਭਾਜਪਾ ਪੰਜਾਬ ਦੇ ਸੂਬਾ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਸੂਬਾ ਕੋਰ ਗਰੁੱਪ ਦੀਆਂ ਵੱਖ-ਵੱਖ ਮੀਟਿੰਗਾਂ ਵੀ ਨਿਰਧਾਰਤ ਹਨ। ਪੰਜਾਬ ਭਾਜਪਾ ਵੱਲੋਂ ਨਿਤਿਨ ਨਬੀਨ ਦੇ ਪੰਜਾਬ ਦੌਰੇ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਕ ਸਾਲ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ। ਅਜਿਹੇ ਵਿੱਚ ਭਾਜਪਾ ਦੇ ਨਵੇਂ ਬਣੇ ਕੌਮੀ ਪ੍ਰਧਾਨ ਨਿਤਿਨ ਨਬੀਨ ਪਹਿਲੀ ਵਾਰ ਪੰਜਾਬ ਆ ਰਹੇ ਹਨ। ਇਸ ਲਈ ਉਨ੍ਹਾਂ ਦੇ ਪੰਜਾਬ ਦੌਰੇ ’ਤੇ ਸਾਰੀਆਂ ਰਾਜਸੀ ਪਾਰਟੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਦੌਰਾਨ ਨਿਤਿਨ ਨਬੀਨ ਵੱਲੋਂ ਪਾਰਟੀ ਵਰਕਰਾਂ ਨੂੰ ਚੋਣਾਂ ਲਈ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਚੋਣਾਂ ਦਾ ਬਿਗਲ ਵੀ ਵਜਾਇਆ ਜਾਵੇਗਾ।
