1500 ਮੁਲਾਜ਼ਮਾਂ ਦੀ ਗ੍ਰਿਫਤਾਰੀ ਮੰਦਭਾਗੀ.

ਖੰਨਾ ਵਿਖੇ ਆਪਣੇ ਹੱਕਾਂ ਲਈ ਸ਼ਾਂਤਮਈ ਧਰਨੇ 'ਤੇ ਬੈਠੇ ਮਨਰੇਗਾ ਆਗੂਆ ਅਤੇ 'ਸਤਿਨਾਮ ਵਾਹਿਗੁਰੂ' ਦਾ ਜਾਪ ਕਰ ਰਹੇ ਕਰੀਬ 1500 ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰਨਾ ਬੇਹੱਦ ਮੰਦਭਾਗਾ --ਯਾਦਵਿੰਦਰ ਸਿੰਘ ਯਾਦੂ


 ਸ਼ਰੇਆਮ ਲੋਕਤੰਤਰੀ ਕਦਰਾਂ-ਕੀਮਤਾਂ ਦਾ ਘਾਣ ਕਰ ਰਹੀ ਹੈ ਸਰਕਾਰ  ਹੈ-- ਯਾਦੂ 


ਖੰਨਾ 21 ਜੁਲਾਈ, (ਮਨਜੀਤ ਸਿੰਘ ਧੀਮਾਨ)--ਖੰਨਾ ਵਿਖੇ ਆਪਣੇ ਹੱਕਾਂ ਲਈ ਸ਼ਾਂਤਮਈ ਧਰਨੇ 'ਤੇ ਬੈਠੇ ਅਤੇ 'ਸਤਿਨਾਮ ਵਾਹਿਗੁਰੂ' ਦਾ ਜਾਪ ਕਰ ਰਹੇ ਕਰੀਬ 1500 ਮਨਰੇਗਾ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰਨਾ ਬੇਹੱਦ ਮੰਦਭਾਗਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦਾ ਘਾਣ ਹੈ। ਬੀਤੇ ਕੱਲ ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਖੰਨਾ ਸਥਿਤ ਕੋਠੀ ਦਾ ਘਿਰਾਓ ਕਰਨ ਪਹੁੰਚੇ ਸੈਂਕੜੇ ਮਨਰੇਗਾ ਮੁਲਾਜ਼ਮਾਂ ਅਤੇ ਯੂਨੀਅਨ ਆਗੂਆਂ 'ਤੇ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਸੂਬੇ ਭਰ ਤੋਂ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਸਖ਼ਤ ਪੁਲਿਸ ਨਾਕਾਬੰਦੀ ਦੇ ਬਾਵਜੂਦ ਖੰਨਾ-ਅਮਲੋਹ ਰੋਡ  'ਤੇ ਮੰਤਰੀ ਦੀ ਕੋਠੀ ਤੋਂ ਕੁਝ ਦੂਰੀ 'ਤੇ ਨਾਕਾ ਤੋੜ ਕੇ ਧਰਨਾ ਲਗਾ ਦਿੱਤਾ ਅਤੇ ਮੁੱਖ ਮਾਰਗ ਪੂਰੀ ਤਰ੍ਹਾਂ ਜਾਮ ਕਰ ਦਿੱਤਾ। ਲਗਭਗ ਇੱਕ ਘੰਟਾ ਚੱਲੇ ਇਸ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਪੁਲਿਸ ਨੇ ਬਲ ਦੀ ਵਰਤੋਂ ਕਰਦਿਆਂ ਸੜਕ ਤੋਂ ਪ੍ਰਦਰਸ਼ਨਕਾਰੀਆਂ ਨੂੰ ਖਦੇੜ ਦਿੱਤਾ ਅਤੇ ਸੈਂਕੜੇ ਮੁਲਾਜ਼ਮਾਂ ਨੂੰ ਡਿਟੇਨ  ਕਰਕੇ ਹਿਰਾਸਤ ਵਿੱਚ ਲੈ ਲਿਆ l ਇਸ ਤੋਂ ਪਹਿਲਾਂ ਵੀ ਪੁਲਿਸ ਨੇ ਸ਼ਹਿਰ ਦੇ ਦਾਖ਼ਲੀ ਰਸਤਿਆਂ 'ਤੇ 50 ਤੋਂ ਵੱਧ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਸੀ, ਪਰ ਇਸ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਵਰਕਰ ਪਿੰਡਾਂ ਦੇ ਰਸਤਿਆਂ ਰਾਹੀਂ ਸ਼ਹਿਰ ਵਿੱਚ ਦਾਖਲ ਹੋਣ ਵਿੱਚ ਕਾਮਯਾਬ ਰਹੇ। ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਅਕਾਲੀ ਆਗੂ ਅਤੇ ਹਲਕਾ ਖੰਨਾ ਦੇ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਗੁਰੂ-ਦੋਖੀ ਭਗਵੰਤ ਮਾਨ ਨੇ ਮਨਰੇਗਾ ਮੁਲਾਜ਼ਮਾਂ ਨੂੰ ਸਾਲਾਂ ਤੱਕ ਨੌਕਰੀਆਂ ਪੱਕੀਆਂ ਕਰਨ ਦੇ ਵਾਅਦੇ ਕਰਕੇ ਉਨ੍ਹਾਂ ਤੋਂ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਤਾਂ ਕਰਵਾਇਆ, ਪਰ ਹੁਣ ਆਪਣੇ ਹੀ ਵਾਅਦਿਆਂ ਤੋਂ ਮੁੱਕਰਦਿਆਂ 2100 ਮਨਰੇਗਾ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਾਹਰ ਕਰ ਦਿੱਤਾ। ਇਸ ਦੇ ਵਿਰੋਧ ਵਿੱਚ ਖੰਨਾ ਵਿਖੇ ਆਪਣੇ ਹੱਕਾਂ ਲਈ ਸ਼ਾਂਤਮਈ ਧਰਨੇ 'ਤੇ ਬੈਠੇ ਅਤੇ 'ਸਤਿਨਾਮ ਵਾਹਿਗੁਰੂ' ਦਾ ਜਾਪ ਕਰ ਰਹੇ ਕਰੀਬ 1500 ਮਨਰੇਗਾ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰਨਾ ਬੇਹੱਦ ਮੰਦਭਾਗਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦਾ ਘਾਣ ਹੈ। ਇਥੇ ਹੀ ਬੱਸ ਨਹੀਂ, ਇਸ ਸ਼ਾਂਤਮਈ ਧਰਨੇ ਦੀ ਕਵਰੇਜ ਕਰ ਰਹੇ ਪੱਤਰਕਾਰਾਂ 'ਤੇ ਵੀ ਝੂਠੇ ਪਰਚੇ ਦਰਜ ਕਰਕੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਇਹ ਨਾ ਸਿਰਫ਼ ਮੁਲਾਜ਼ਮਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਹੈ, ਸਗੋਂ ਪ੍ਰੈੱਸ ਦੀ ਆਜ਼ਾਦੀ 'ਤੇ ਵੀ ਸਿੱਧਾ ਹਮਲਾ ਹੈ। ਜਿਹੜੀ ਆਮ ਆਦਮੀ ਪਾਰਟੀ ਬਦਲਾਅ, ਰੁਜ਼ਗਾਰ ਅਤੇ ਮੁਲਾਜ਼ਮਾਂ ਨਾਲ ਇਨਸਾਫ਼ ਦੇ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ, ਅੱਜ ਉਹੀ ਸਰਕਾਰ ਆਪਣੇ ਹੱਕਾਂ ਦੀ ਮੰਗ ਕਰ ਰਹੇ ਮੁਲਾਜ਼ਮਾਂ ਅਤੇ ਸੱਚ ਦਿਖਾਉਣ ਵਾਲੇ ਪੱਤਰਕਾਰਾਂ ਦੀ ਆਵਾਜ਼ ਨੂੰ ਦਬਾਉਣ ਵਿੱਚ ਲੱਗੀ ਹੋਈ ਹੈ।  ਉਹਨਾਂ ਖੰਨਾ ਦੇ ਵਿਧਾਇਕ ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਮੰਤਰੀ ਤਰਨਪ੍ਰੀਤ ਸੋਦ ਪਹਿਲਾਂ ਤਾਂ ਇਹਨਾਂ ਮੁਲਾਜ਼ਮਾਂ ਤੇ ਲਾਠੀ ਚਾਰਜ ਕਰਵਾਉਣ ਦੇ ਹੁਕਮ ਦਿੰਦੇ ਹਨ ਅਤੇ ਬਾਅਦ ਵਿੱਚ ਉਹਨਾਂ ਦੇ ਸਰਪ੍ਰਸਤ ਆਗੂਆਂ ਨਾਲ ਸ਼ਾਮ ਵੇਲੇ ਮੀਟਿੰਗਾਂ ਕਰਕੇ ਸਮਝੌਤਾ ਕਰਦੇ ਹਨ ਤੇ ਉਹਨਾਂ ਨੂੰ ਭਰੋਸੇ ਵਿੱਚ ਲੈ ਕੇ ਉਹਨਾਂ ਦੇ ਜਖਮੀ ਹੋਏ ਆਗੂਆਂ ਮੁਲਾਜ਼ਮਾਂ ਦੇ ਜਖਮਾਂ ਤੇ ਮਲਮਾ ਲਾਉਂਦੇ ਹਨ l ਇਹ ਕਿੱਥੋਂ ਦਾ ਇਨਸਾਫ ਹੈ,ਸ਼੍ਰੋਮਣੀ ਅਕਾਲੀ ਦਲ ਇਸ ਧੱਕੇਸ਼ਾਹੀ ਦਾ ਡਟ ਕੇ ਵਿਰੋਧ ਕਰੇਗਾ ਅਤੇ ਮਨਰੇਗਾ ਮੁਲਾਜ਼ਮਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਲੋਕਤੰਤਰੀ ਲੜਾਈ ਲੜੇਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਤੇ ਉਹਦੇ ਮੰਤਰੀਆਂ ਨੂੰ ਸਿਰਫ ਗੱਲਾਂ ਦਾ ਕੜਾਹ ਬਣਾਉਣਾ ਆਉਂਦਾ ਹੈ, ਪਰ ਅਸਲੀਅਤ ਨੂੰ ਕਦੇ ਲੁਕੋ ਨਹੀਂ ਸਕਦੇ। ਪੰਜਾਬ ਦੇ ਲੋਕ ਇਸ ਜਬਰ-ਜੁਲਮ ਦਾ ਹਿਸਾਬ ਪਿੰਡਾਂ ਦੀਆਂ ਸੱਥਾਂ ਅਤੇ ਆਉਦੀਆਂ ਵਿਧਾਨ ਸਭਾ ਚੋਣਾਂ 'ਚ ਦੇਣਗੇ ਅਤੇ ਤਾਨਾਸ਼ਾਹੀ "ਝਾੜੂ ਪਾਰਟੀ" ਰਾਜ ਦੀਆਂ ਜੜਾਂ ਪੁੱਟਣਗੇ।