ਸਮਰਤਾ ਕੌਰ ਕਨਵੀਨਰ ਨਿਯੁਕਤ .
ਸਮਰਤਾ ਕੌਰ ਨੂੰ ਭਾਜਪਾ ਦੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸੈੱਲ ਦੀ ਪੰਜਾਬ ਕਨਵੀਨਰ ਨਿਯੁਕਤ
ਬੇਟੀਆਂ ਦੀ ਸਿੱਖਿਆ, ਸੁਰੱਖਿਆ ਅਤੇ ਸਸ਼ਕਤੀਕਰਨ ਲਈ ਕੰਮ ਕਰਨਾ ਰਹੇਗੀ ਪਹਿਲ; ਸਮਰਥਕਾਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ
ਲੁਧਿਆਣਾ, 11 ਅਕਤੂਬਰ (ਸਰਬਜੀਤ)। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵੱਲੋਂ ਸੂਬੇ ਵਿੱਚ ਜਥੇਬੰਦਕ ਗਤੀਵਿਧੀਆਂ ਤੇਜ਼ ਕਰਦਿਆਂ ਵੱਖ-ਵੱਖ ਸੈੱਲਾਂ ਦੀਆਂ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਭਾਜਪਾ ਦੀ ਸਰਗਰਮ ਆਗੂ ਸਮਰਤਾ ਕੌਰ ਨੂੰ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸੈੱਲ ਦੀ ਪੰਜਾਬ ਕਨਵੀਨਰ ਨਿਯੁਕਤ ਕੀਤਾ ਗਿਆ ਹੈ।
ਉਨ੍ਹਾਂ ਦੀ ਨਿਯੁਕਤੀ ’ਤੇ ਸਮਰਥਕਾਂ ਅਤੇ ਬੇਟੀਆਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਸਮਰਾਲਾ ਚੌਕ ਨੇੜੇ ਹਰਚਰਨ ਨਗਰ ਸਥਿਤ ਬੰਧੂ ਹੈਲਪਿੰਗ ਹੈਂਡਜ਼ ਦੇ ਦਫ਼ਤਰ ਵਿਖੇ ਬੇਟੀਆਂ ਵੱਲੋਂ ਸਮਰਤਾ ਕੌਰ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਰਿਹਾ।
ਇਸ ਮੌਕੇ ਸਮਰਤਾ ਕੌਰ ਨੇ ਪਾਰਟੀ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ ਨੂੰ ਉਹ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਨੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਸਟੇਟ ਸੈੱਲ ਕੋਆਰਡੀਨੇਟਰ ਬਿਕਰਮਜੀਤ ਸਿੰਘ ਚੀਮਾ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਸਮਰਤਾ ਕੌਰ ਨੇ ਕਿਹਾ ਕਿ ਬੇਟੀਆਂ ਦੀ ਸਿੱਖਿਆ, ਸੁਰੱਖਿਆ, ਸਨਮਾਨ ਅਤੇ ਸਸ਼ਕਤੀਕਰਨ ਲਈ ਕੰਮ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਬੇਟੀਆਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਲਈ ਜਾਗਰੂਕਤਾ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਬੇਟੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਅਤੇ ਇਨ੍ਹਾਂ ਦਾ ਲਾਭ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਉਣ ਲਈ ਯਤਨ ਕੀਤੇ ਜਾਣਗੇ।
ਇਸ ਮੌਕੇ ਭੁਪਿੰਦਰ ਕੌਰ, ਸੁਨੀਤਾ, ਵਿਮੀ, ਮਾਨਸੀ, ਰਾਧਾ, ਰੂਬੀ, ਸੁਹਾਨਾ, ਆਸ਼ਿਆਨਾ, ਸੋਨੀਆ, ਤਨਵੀਰ ਬਬਲੀ, ਅੰਜਲੀ, ਗੀਤਾ, ਸਮ੍ਰਿਧੀ ਸਮੇਤ ਹੋਰ ਹਾਜ਼ਰ ਸਨ।
